Asa Di Var | ਆਸਾ ਦੀ ਵਾਰ
ੴ ਸਤਿਗੁਰ ਪ੍ਰਸਾਦਿ ॥ ਆਸਾ ਮਹਲਾ ੪ ਛੰਤ ਘਰੁ ੪ ॥
ਹਰਿ ਅੰਮ੍ਰਿਤ ਭਿੰਨੇ ਲੋਇਣਾ ਮਨੁ ਪ੍ਰੇਮਿ ਰਤੰਨਾ ਰਾਮ ਰਾਜੇ ॥
ਮਨੁ ਰਾਮਿ ਕਸਵਟੀ ਲਾਇਆ ਕੰਚਨੁ ਸੋਵਿੰਨਾ ॥
ਗੁਰਮੁਖਿ ਰੰਗਿ ਚਲੂਲਿਆ ਮੇਰਾ ਮਨੁ ਤਨੋ ਭਿੰਨਾ ॥
ਜਨੁ ਨਾਨਕੁ ਮੁਸਕਿ ਝਕੋਲਿਆ ਸਭੁ ਜਨਮੁ ਧਨੁ ਧੰਨਾ ॥੧॥
ੴ ਸਤਿਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ
ਅਕਾਲ ਮੂਰਤਿ ਅਜੂਨੀ ਸੈਭੰ ਗੁਰਪ੍ਰਸਾਦਿ ॥
ਆਸਾ ਮਹਲਾ ੧ ॥
ਵਾਰ ਸਲੋਕਾ ਨਾਲਿ ਸਲੋਕ ਭੀ ਮਹਲੇ ਪਹਿਲੇ ਕੇ ਲਿਖੇ ਟੁੰਡੇ ਅਸ ਰਾਜੈ ਕੀ ਧੁਨੀ ।
ਸਲੋਕੁ ਮਃ ੧ ॥
ਬਲਿਹਾਰੀ ਗੁਰ ਆਪਣੇ ਦਿਉਹਾੜੀ ਸਦ ਵਾਰ ॥
ਜਿਨਿ ਮਾਣਸ ਤੇ ਦੇਵਤੇ ਕੀਏ ਕਰਤ ਨ ਲਾਗੀ ਵਾਰ ॥੧॥
ਮਹਲਾ ੨ ॥
ਜੇ ਸਉ ਚੰਦਾ ਉਗਵਹਿ ਸੂਰਜ ਚੜਹਿ ਹਜਾਰ ॥
ਏਤੇ ਚਾਨਣ ਹੋਦਿਆਂ ਗੁਰ ਬਿਨੁ ਘੋਰ ਅੰਧਾਰ ॥੨॥
ਮ: ੧॥
ਨਾਨਕ ਗੁਰੂ ਨ ਚੇਤਨੀ ਮਨਿ ਆਪਣੈ ਸੁਚੇਤ ॥
ਛੁਟੇ ਤਿਲ ਬੂਆੜ ਜਿਉ ਸੁੰਞੇ ਅੰਦਰਿ ਖੇਤ ॥
ਖੇਤੈ ਅੰਦਰਿ ਛੁਟਿਆ ਕਹੁ ਨਾਨਕ ਸਉ ਨਾਹ ॥
ਫਲੀਅਹਿ ਫੁਲੀਅਹਿ ਬਪੁੜੇ ਭੀ ਤਨ ਵਿਚਿ ਸੁਆਹ ॥੩॥
ਪਉੜੀ ॥
ਆਪੀਨ੍ਹੈ ਆਪੁ ਸਾਜਿਓ ਆਪੀਨ੍ਹੈ ਰਚਿਓ ਨਾਉ ॥
ਦੁਯੀ ਕੁਦਰਤਿ ਸਾਜੀਐ ਕਰਿ ਆਸਣੁ ਡਿਠੋ ਚਾਉ ॥
ਦਾਤਾ ਕਰਤਾ ਆਪਿ ਤੂੰ ਤੁਸਿ ਦੇਵਹਿ ਕਰਹਿ ਪਸਾਉ ॥
ਤੂੰ ਜਾਣੋਈ ਸਭਸੈ ਦੇ ਲੈਸਹਿ ਜਿੰਦੁ ਕਵਾਉ ॥
ਕਰਿ ਆਸਣੁ ਡਿਠੋ ਚਾਉ ॥੧॥
ਸਲੋਕ ਮਃ ੧ ॥
ਸਚੇ ਤੇਰੇ ਖੰਡ ਸਚੇ ਬ੍ਰਹਮੰਡ ॥
ਸਚੇ ਤੇਰੇ ਲੋਅ ਸਚੇ ਆਕਾਰ ॥
ਸਚੇ ਤੇਰੇ ਕਰਣੇ ਸਰਬ ਬੀਚਾਰ ॥
ਸਚਾ ਤੇਰਾ ਅਮਰੁ ਸਚਾ ਦੀਬਾਣੁ ॥
ਸਚਾ ਤੇਰਾ ਹੁਕਮੁ ਸਚਾ ਫੁਰਮਾਣੁ ॥
ਸਚਾ ਤੇਰਾ ਕਰਮੁ ਸਚਾ ਨੀਸਾਣੁ ॥
ਸਚੇ ਤੁਧੁ ਆਖਹਿ ਲਖ ਕਰੋੜਿ ॥
ਸਚੈ ਸਭਿ ਤਾਣਿ ਸਚੈ ਸਭਿ ਜੋਰਿ ॥
ਸਚੀ ਤੇਰੀ ਸਿਫਤਿ ਸਚੀ ਸਾਲਾਹ ॥
ਸਚੀ ਤੇਰੀ ਕੁਦਰਤਿ ਸਚੇ ਪਾਤਿਸਾਹ ॥
ਨਾਨਕ ਸਚੁ ਧਿਆਇਨਿ ਸਚੁ ॥
ਜੋ ਮਰਿ ਜੰਮੇ ਸੁ ਕਚੁ ਨਿਕਚੁ ॥੧॥
ਮਃ ੧ ॥
ਵਡੀ ਵਡਿਆਈ ਜਾ ਵਡਾ ਨਾਉ ॥
ਵਡੀ ਵਡਿਆਈ ਜਾ ਸਚੁ ਨਿਆਉ ॥
ਵਡੀ ਵਡਿਆਈ ਜਾ ਨਿਹਚਲ ਥਾਉ ॥
ਵਡੀ ਵਡਿਆਈ ਜਾਣੈ ਆਲਾਉ ॥
ਵਡੀ ਵਡਿਆਈ ਬੁਝੈ ਸਭਿ ਭਾਉ ॥
ਵਡੀ ਵਡਿਆਈ ਜਾ ਪੁਛਿ ਨ ਦਾਤਿ ॥
ਵਡੀ ਵਡਿਆਈ ਜਾ ਆਪੇ ਆਪਿ ॥
ਨਾਨਕ ਕਾਰ ਨ ਕਥਨੀ ਜਾਇ ॥
ਕੀਤਾ ਕਰਣਾ ਸਰਬ ਰਜਾਇ ॥੨॥
ਮਹਲਾ ੨ ॥
ਇਹੁ ਜਗੁ ਸਚੈ ਕੀ ਹੈ ਕੋਠੜੀ ਸਚੇ ਕਾ ਵਿਚਿ ਵਾਸੁ ॥
ਇਕਨ੍ਹਾ ਹੁਕਮਿ ਸਮਾਇ ਲਏ ਇਕਨ੍ਹਾ ਹੁਕਮੇ ਕਰੇ ਵਿਣਾਸੁ ॥
ਇਕਨ੍ਹਾ ਭਾਣੈ ਕਢਿ ਲਏ ਇਕਨ੍ਹਾ ਮਾਇਆ ਵਿਚਿ ਨਿਵਾਸੁ ॥
ਏਵ ਭਿ ਆਖਿ ਨ ਜਾਪਈ ਜਿ ਕਿਸੈ ਆਣੇ ਰਾਸਿ ॥
ਨਾਨਕ ਗੁਰਮੁਖਿ ਜਾਣੀਐ ਜਾ ਕਉ ਆਪਿ ਕਰੇ ਪਰਗਾਸੁ ॥੩॥
ਪਉੜੀ ॥
ਨਾਨਕ ਜੀਅ ਉਪਾਇ ਕੈ ਲਿਖਿ ਨਾਵੈ ਧਰਮੁ ਬਹਾਲਿਆ ॥
ਓਥੈ ਸਚੇ ਹੀ ਸਚਿ ਨਿਬੜੈ ਚੁਣਿ ਵਖਿ ਕਢੇ ਜਜਮਾਲਿਆ ॥
ਥਾਉ ਨ ਪਾਇਨਿ ਕੂੜਿਆਰ ਮੁਹ ਕਾਲੂ ਦੋਜਕਿ ਚਾਲਿਆ ॥
ਤੇਰੈ ਨਾਇ ਰਤੇ ਸੇ ਜਿਣਿ ਗਏ ਹਾਰਿ ਗਏ ਸਿ ਠਗਣ ਵਾਲਿਆ ॥
ਲਿਖਿ ਨਾਵੈ ਧਰਮੁ ਬਹਾਲਿਆ ॥੨॥
ਸਲੋਕ ਮ: ੧ ॥
ਵਿਸਮਾਦੁ ਨਾਦ ਵਿਸਮਾਦੁ ਵੇਦ ॥
ਵਿਸਮਾਦੁ ਜੀਅ ਵਿਸਮਾਦੁ ਭੇਦ ॥
ਵਿਸਮਾਦੁ ਰੂਪ ਵਿਸਮਾਦੁ ਰੰਗ ॥
ਵਿਸਮਾਦੁ ਨਾਗੇ ਫਿਰਹਿ ਜੰਤ ॥
ਵਿਸਮਾਦੁ ਪਉਣੁ ਵਿਸਮਾਦੁ ਪਾਣੀ ॥
ਵਿਸਮਾਦੁ ਅਗਨੀ ਖੇਡਹਿ ਵਿਡਾਣੀ ॥
ਵਿਸਮਾਦੁ ਧਰਤੀ ਵਿਸਮਾਦੁ ਖਾਣੀ ॥
ਵਿਸਮਾਦੁ ਸਾਦਿ ਲਗਹਿ ਪਰਾਣੀ ॥
ਵਿਸਮਾਦੁ ਸੰਜੋਗੁ ਵਿਸਮਾਦੁ ਵਿਜੋਗੁ ॥
ਵਿਸਮਾਦੁ ਭੁਖ ਵਿਸਮਾਦੁ ਭੋਗੁ ॥
ਵਿਸਮਾਦੁ ਸਿਫਤਿ ਵਿਸਮਾਦੁ ਸਾਲਾਹ ॥
ਵਿਸਮਾਦੁ ਉਝੜ ਵਿਸਮਾਦੁ ਰਾਹ ॥
ਵਿਸਮਾਦੁ ਨੇੜੈ ਵਿਸਮਾਦੁ ਦੂਰਿ ॥
ਵਿਸਮਾਦੁ ਦੇਖੈ ਹਾਜਰਾ ਹਜੂਰਿ ॥
ਵੇਖਿ ਵਿਡਾਣੁ ਰਹਿਆ ਵਿਸਮਾਦੁ ॥
ਨਾਨਕ ਬੁਝਣੁ ਪੂਰੈ ਭਾਗਿ ॥੧॥
ਮ: ੧ ॥
ਕੁਦਰਤਿ ਦਿਸੈ ਕੁਦਰਤਿ ਸੁਣੀਐ ਕੁਦਰਤਿ ਭਉ ਸੁਖ ਸਾਰੁ ॥
ਕੁਦਰਤਿ ਪਾਤਾਲੀ ਆਕਾਸੀ ਕੁਦਰਤਿ ਸਰਬ ਆਕਾਰੁ ॥
ਕੁਦਰਤਿ ਵੇਦ ਪੁਰਾਣ ਕਤੇਬਾ ਕੁਦਰਤਿ ਸਰਬ ਵੀਚਾਰੁ ॥
ਕੁਦਰਤਿ ਖਾਣਾ ਪੀਣਾ ਪੈਨ੍ਹਣੁ ਕੁਦਰਤਿ ਸਰਬ ਪਿਆਰੁ ॥
ਕੁਦਰਤਿ ਜਾਤੀ ਜਿਨਸੀ ਰੰਗੀ ਕੁਦਰਤਿ ਜੀਅ ਜਹਾਨ ॥
ਕੁਦਰਤਿ ਨੇਕੀਆ ਕੁਦਰਤਿ ਬਦੀਆ ਕੁਦਰਤਿ ਮਾਨੁ ਅਭਿਮਾਨੁ ॥
ਕੁਦਰਤਿ ਪਉਣੁ ਪਾਣੀ ਬੈਸੰਤਰੁ ਕੁਦਰਤਿ ਧਰਤੀ ਖਾਕੁ ॥
ਸਭ ਤੇਰੀ ਕੁਦਰਤਿ ਤੂੰ ਕਾਦਿਰੁ ਕਰਤਾ ਪਾਕੀ ਨਾਈ ਪਾਕੁ ॥
ਨਾਨਕ ਹੁਕਮੈ ਅੰਦਰਿ ਵੇਖੈ ਵਰਤੈ ਤਾਕੋ ਤਾਕੁ ॥੨॥
ਪਉੜੀ ॥
ਆਪੀਨ੍ਹੈ ਭੋਗ ਭੋਗਿ ਕੈ ਹੋਇ ਭਸਮੜਿ ਭਉਰੁ ਸਿਧਾਇਆ ॥
ਵਡਾ ਹੋਆ ਦੁਨੀਦਾਰੁ ਗਲਿ ਸੰਗਲੁ ਘਤਿ ਚਲਾਇਆ ॥
ਅਗੈ ਕਰਣੀ ਕੀਰਤਿ ਵਾਚੀਐ ਬਹਿ ਲੇਖਾ ਕਰਿ ਸਮਝਾਇਆ ॥
ਥਾਉ ਨ ਹੋਵੀ ਪਉਦੀਈ ਹੁਣਿ ਸੁਣੀਐ ਕਿਆ ਰੁਆਇਆ ॥
ਮਨਿ ਅੰਧੈ ਜਨਮੁ ਗਵਾਇਆ ॥੩॥
ਸਲੋਕ ਮਃ ੧ ॥
ਭੈ ਵਿਚਿ ਪਵਣੁ ਵਹੈ ਸਦਵਾਉ ॥
ਭੈ ਵਿਚਿ ਚਲਹਿ ਲਖ ਦਰੀਆਉ ॥
ਭੈ ਵਿਚਿ ਅਗਨਿ ਕਢੈ ਵੇਗਾਰਿ ॥
ਭੈ ਵਿਚਿ ਧਰਤੀ ਦਬੀ ਭਾਰਿ ॥
ਭੈ ਵਿਚਿ ਇੰਦੁ ਫਿਰੈ ਸਿਰ ਭਾਰਿ ॥
ਭੈ ਵਿਚਿ ਰਾਜਾ ਧਰਮ ਦੁਆਰੁ ॥
ਭੈ ਵਿਚਿ ਸੂਰਜੁ ਭੈ ਵਿਚਿ ਚੰਦੁ ॥
ਕੋਹ ਕਰੋੜੀ ਚਲਤ ਨ ਅੰਤੁ ॥
ਭੈ ਵਿਚਿ ਸਿਧ ਬੁਧ ਸੁਰ ਨਾਥ ॥
ਭੈ ਵਿਚਿ ਆਡਾਣੇ ਆਕਾਸ ॥
ਭੈ ਵਿਚਿ ਜੋਧ ਮਹਾਬਲ ਸੂਰ ॥
ਭੈ ਵਿਚਿ ਆਵਹਿ ਜਾਵਹਿ ਪੂਰ ॥
ਸਗਲਿਆ ਭਉ ਲਿਖਿਆ ਸਿਰਿ ਲੇਖੁ ॥
ਨਾਨਕ ਨਿਰਭਉ ਨਿਰੰਕਾਰੁ ਸਚੁ ਏਕੁ ॥੧॥
ਮ : ੧॥
ਨਾਨਕ ਨਿਰਭਉ ਨਿਰੰਕਾਰੁ ਹੋਰਿ ਕੇਤੇ ਰਾਮ ਰਵਾਲ ॥
ਕੇਤੀਆ ਕੰਨ੍ਹ ਕਹਾਣੀਆ ਕੇਤੇ ਬੇਦ ਬੀਚਾਰ ॥
ਕੇਤੇ ਨਚਹਿ ਮੰਗਤੇ ਗਿੜਿ ਮੁੜਿ ਪੂਰਹਿ ਤਾਲ ॥
ਬਾਜਾਰੀ ਬਾਜਾਰ ਮਹਿ ਆਇ ਕਢਹਿ ਬਾਜਾਰ ॥
ਗਾਵਹਿ ਰਾਜੇ ਰਾਣੀਆ ਬੋਲਹਿ ਆਲ ਪਤਾਲ ॥
ਲਖ ਟਕਿਆ ਕੇ ਮੁੰਦੜੇ ਲਖ ਟਕਿਆ ਕੇ ਹਾਰ ॥
ਜਿਤੁ ਤਨਿ ਪਾਈਅਹਿ ਨਾਨਕਾ ਸੇ ਤਨ ਹੋਵਹਿ ਛਾਰ ॥
ਗਿਆਨੁ ਨ ਗਲੀਈ ਢੂਢੀਐ ਕਥਨਾ ਕਰੜਾ ਸਾਰੁ ॥
ਕਰਮਿ ਮਿਲੈ ਤਾ ਪਾਈਐ ਹੋਰ ਹਿਕਮਤਿ ਹੁਕਮੁ ਖੁਆਰੁ ॥੨॥
ਪਉੜੀ ॥
ਨਦਰਿ ਕਰਹਿ ਜੇ ਆਪਣੀ ਤਾ ਨਦਰੀ ਸਤਿਗੁਰੁ ਪਾਇਆ ॥
ਏਹੁ ਜੀਉ ਬਹੁਤੇ ਜਨਮ ਭਰਮਿਆ ਤਾ ਸਤਿਗੁਰਿ ਸਬਦੁ ਸੁਣਾਇਆ ॥
ਸਤਿਗੁਰ ਜੇਵਡੁ ਦਾਤਾ ਕੋ ਨਹੀ ਸਭਿ ਸੁਣਿਅਹੁ ਲੋਕ ਸਬਾਇਆ ॥
ਸਤਿਗੁਰਿ ਮਿਲਿਐ ਸਚੁ ਪਾਇਆ ਜਿਨ੍ਹੀ ਵਿਚਹੁ ਆਪੁ ਗਵਾਇਆ ॥
ਜਿਨਿ ਸਚੋ ਸਚੁ ਬੁਝਾਇਆ ॥੪॥
ਸਲੋਕ ਮ : ੧ ॥
ਘੜੀਆ ਸਭੇ ਗੋਪੀਆ ਪਹਰ ਕੰਨ੍ਹ ਗੋਪਾਲ ॥
ਗਹਣੇ ਪਉਣੁ ਪਾਣੀ ਬੈਸੰਤਰੁ ਚੰਦੁ ਸੂਰਜੁ ਅਵਤਾਰ ॥
ਸਗਲੀ ਧਰਤੀ ਮਾਲੁ ਧਨੁ ਵਰਤਣਿ ਸਰਬ ਜੰਜਾਲ ॥
ਨਾਨਕ ਮੁਸੈ ਗਿਆਨ ਵਿਹੂਣੀ ਖਾਇ ਗਇਆ ਜਮਕਾਲੁ ॥੧॥
ਮ : ੧॥
ਵਾਇਨਿ ਚੇਲੇ ਨਚਨਿ ਗੁਰ ॥
ਪੈਰ ਹਲਾਇਨਿ ਫੇਰਨ੍ਹਿ ਸਿਰ ॥
ਉਡਿ ਉਡਿ ਰਾਵਾ ਡਾਟੈ ਪਾਇ ॥
ਵੇਖੈ ਲੋਕੁ ਹਸੈ ਘਰਿ ਜਾਇ ॥
ਰੋਟੀਆ ਕਾਰਣਿ ਪੂਰਹਿ ਤਾਲ ॥
ਆਪੁ ਪਛਾੜਹਿ ਧਰਤੀ ਨਾਲਿ ॥
ਗਾਵਨਿ ਗੋਪੀਆ ਗਾਵਨਿ ਕਾਨ੍ਹ ॥
ਗਾਵਨਿ ਸੀਤਾ ਰਾਜੇ ਰਾਮ ॥
ਨਿਰਭਉ ਨਿਰੰਕਾਰੁ ਸਚੁ ਨਾਮੁ ॥
ਜਾ ਕਾ ਕੀਆ ਸਗਲ ਜਹਾਨੁ ॥
ਸੇਵਕ ਸੇਵਹਿ ਕਰਮਿ ਚੜਾਉ ॥
ਭਿੰਨੀ ਰੈਣਿ ਜਿਨ੍ਹਾ ਮਨਿ ਚਾਉ ॥
ਸਿਖੀ ਸਿਖਿਆ ਗੁਰ ਵੀਚਾਰਿ ॥
ਨਦਰੀ ਕਰਮਿ ਲਘਾਏ ਪਾਰਿ ॥
ਕੋਲੂ ਚਰਖਾ ਚਕੀ ਚਕੁ ॥
ਥਲ ਵਾਰੋਲੇ ਬਹੁਤੁ ਅਨੰਤੁ ॥
ਲਾਟੂ ਮਾਧਾਣੀਆ ਅਨਗਾਹ ॥
ਪੰਖੀ ਭਉਦੀਆ ਲੈਨਿ ਨ ਸਾਹ ॥
ਸੂਐ ਚਾੜਿ ਭਵਾਈਅਹਿ ਜੰਤ ॥
ਨਾਨਕ ਭਉਦਿਆ ਗਣਤ ਨ ਅੰਤ ॥
ਬੰਧਨ ਬੰਧਿ ਭਵਾਏ ਸੋਇ ॥
ਪਇਐ ਕਿਰਤਿ ਨਚੈ ਸਭੁ ਕੋਇ ॥
ਨਚਿ ਨਚਿ ਹਸਹਿ ਚਲਹਿ ਸੇ ਰੋਇ ॥
ਉਡਿ ਨ ਜਾਹੀ ਸਿਧ ਨ ਹੋਹਿ ॥
ਨਚਣੁ ਕੁਦਣੁ ਮਨ ਕਾ ਚਾਉ ॥
ਨਾਨਕ ਜਿਨ੍ਹ ਮਨਿ ਭਉ ਤਿਨ੍ਹਾ ਮਨਿ ਭਾਉ ॥੨॥
ਪਉੜੀ ॥
ਨਾਉ ਤੇਰਾ ਨਿਰੰਕਾਰੁ ਹੈ ਨਾਇ ਲਇਐ ਨਰਕਿ ਨ ਜਾਈਐ ॥
ਜੀਉ ਪਿੰਡੁ ਸਭੁ ਤਿਸ ਦਾ ਦੇ ਖਾਜੈ ਆਖਿ ਗਵਾਈਐ ॥
ਜੇ ਲੋੜਹਿ ਚੰਗਾ ਆਪਣਾ ਕਰਿ ਪੁੰਨਹੁ ਨੀਚੁ ਸਦਾਈਐ ॥
ਜੇ ਜਰਵਾਣਾ ਪਰਹਰੈ ਜਰੁ ਵੇਸ ਕਰੇਦੀ ਆਈਐ ॥
ਕੋ ਰਹੈ ਨ ਭਰੀਐ ਪਾਈਐ ॥੫॥
ਸਲੋਕ ਮਃ ੧ ॥
ਮੁਸਲਮਾਨਾ ਸਿਫਤਿ ਸਰੀਅਤਿ ਪੜਿ ਪੜਿ ਕਰਹਿ ਬੀਚਾਰੁ ॥
ਬੰਦੇ ਸੇ ਜਿ ਪਵਹਿ ਵਿਚਿ ਬੰਦੀ ਵੇਖਣ ਕਉ ਦੀਦਾਰੁ ॥
ਹਿੰਦੂ ਸਾਲਾਹੀ ਸਾਲਾਹਨਿ ਦਰਸਨਿ ਰੂਪਿ ਅਪਾਰੁ ॥
ਤੀਰਥਿ ਨਾਵਹਿ ਅਰਚਾ ਪੂਜਾ ਅਗਰ ਵਾਸੁ ਬਹਕਾਰੁ ॥
ਜੋਗੀ ਸੁੰਨਿ ਧਿਆਵਨ੍ਰਿਹ ਜੇਤੇ ਅਲਖ ਨਾਮੁ ਕਰਤਾਰੁ ॥
ਸੂਖਮ ਮੂਰਤਿ ਨਾਮੁ ਨਿਰੰਜਨ ਕਾਇਆ ਕਾ ਆਕਾਰੁ ॥
ਸਤੀਆ ਮਨਿ ਸੰਤੋਖੁ ਉਪਜੈ ਦੇਣੈ ਕੈ ਵੀਚਾਰਿ ॥
ਦੇ ਦੇ ਮੰਗਹਿ ਸਹਸਾ ਗੁਣਾ ਸੋਭ ਕਰੇ ਸੰਸਾਰੁ ॥
ਚੋਰਾ ਜਾਰਾ ਤੈ ਕੂੜਿਆਰਾ ਖਾਰਾਬਾ ਵੇਕਾਰ ॥
ਇਕਿ ਹੋਦਾ ਖਾਇ ਚਲਹਿ ਐਥਾਊ ਤਿਨਾ ਭਿ ਕਾਈ ਕਾਰ ॥
ਜਲਿ ਥਲਿ ਜੀਆ ਪੁਰੀਆ ਲੋਆ ਆਕਾਰਾ ਆਕਾਰ ॥
ਓਇ ਜਿ ਆਖਹਿ ਸੁ ਤੂੰਹੈ ਜਾਣਹਿ ਤਿਨਾ ਭਿ ਤੇਰੀ ਸਾਰ ॥
ਨਾਨਕ ਭਗਤਾ ਭੁਖ ਸਾਲਾਹਣੁ ਸਚੁ ਨਾਮੁ ਆਧਾਰੁ ॥
ਸਦਾ ਅਨੰਦਿ ਰਹਹਿ ਦਿਨੁ ਰਾਤੀ ਗੁਣਵੰਤਿਆ ਪਾ ਛਾਰੁ ॥੧॥
ਮ : ੧ ॥
ਮਿਟੀ ਮੁਸਲਮਾਨ ਕੀ ਪੇੜੈ ਪਈ ਕੁਮ੍ਰਿਹਆਰ ॥
ਘੜਿ ਭਾਂਡੇ ਇਟਾ ਕੀਆ ਜਲਦੀ ਕਰੇ ਪੁਕਾਰ ॥
ਜਲਿ ਜਲਿ ਰੋਵੈ ਬਪੁੜੀ ਝੜਿ ਝੜਿ ਪਵਹਿ ਅੰਗਿਆਰ ॥
ਨਾਨਕ ਜਿਨਿ ਕਰਤੈ ਕਾਰਣੁ ਕੀਆ ਸੋ ਜਾਣੇ ਕਰਤਾਰੁ ॥੨॥
ਪਉੜੀ ॥
ਬਿਨੁ ਸਤਿਗੁਰ ਕਿਨੈ ਨ ਪਾਇਓ ਬਿਨੁ ਸਤਿਗੁਰ ਕਿਨੈ ਨ ਪਾਇਆ ॥
ਸਤਿਗੁਰ ਵਿਚਿ ਆਪੁ ਰਖਿਓਨੁ ਕਰਿ ਪਰਗਟੁ ਆਖਿ ਸੁਣਾਇਆ ॥
ਸਤਿਗੁਰ ਮਿਲਿਐ ਸਦਾ ਮੁਕਤੁ ਹੈ ਜਿਨਿ ਵਿਚਹੁ ਮੋਹੁ ਚੁਕਾਇਆ ॥
ਉਤਮ ਏਹੁ ਬੀਚਾਰੁ ਹੈ ਜਿਨਿ ਸਚੇ ਸਿਉ ਚਿਤੁ ਲਾਇਆ ॥
ਜਗਜੀਵਨ ਦਾਤਾ ਪਾਇਆ ॥੬॥
ਸਲੋਕ ਮਃ ੧ ॥
ਹਉ ਵਿਚਿ ਆਇਆ ਹਉ ਵਿਚਿ ਗਇਆ ॥
ਹਉ ਵਿਚਿ ਜੰਮਿਆ ਹਉ ਵਿਚਿ ਮੁਆ ॥
ਹਉ ਵਿਚਿ ਦਿਤਾ ਹਉ ਵਿਚਿ ਲਇਆ ॥
ਹਉ ਵਿਚਿ ਖਟਿਆ ਹਉ ਵਿਚਿ ਗਇਆ ॥
ਹਉ ਵਿਚਿ ਸਚਿਆਰ ਕੁੜਿਆਰ ॥
ਹਉ ਵਿਚਿ ਪਾਪ ਪੁੰਨ ਵੀਚਾਰੁ ॥
ਹਉ ਵਿਚਿ ਨਰਕਿ ਸੁਰਗਿ ਅਵਤਾਰੁ ॥
ਹਉ ਵਿਚਿ ਹਸੈ ਹਉ ਵਿਚਿ ਰੋਵੈ ॥
ਹਉ ਵਿਚਿ ਭਰੀਐ ਹਉ ਵਿਚਿ ਧੋਵੈ ॥
ਹਉ ਵਿਚਿ ਜਾਤੀ ਜਿਨਸੀ ਖੋਵੈ ॥
ਹਉ ਵਿਚਿ ਮੂਰਖੁ ਹਉ ਵਿਚਿ ਸਿਆਣਾ ॥
ਮੋਖ ਮੁਕਤਿ ਕੀ ਸਾਰ ਨ ਜਾਣਾ ॥
ਹਉ ਵਿਚਿ ਮਾਇਆ ਹਉ ਵਿਚਿ ਛਾਇਆ ॥
ਹਉਮੈ ਕਰਿ ਕਰਿ ਜੰਤ ਉਪਾਇਆ ॥
ਹਉਮੈ ਬੂਝੈ ਤਾ ਦਰੁ ਸੂਝੈ ॥
ਗਿਆਨ ਵਿਹੂਣਾ ਕਥਿ ਕਥਿ ਲੂਝੈ ॥
ਨਾਨਕ ਹੁਕਮੀ ਲਿਖੀਐ ਲੇਖੁ ॥
ਜੇਹਾ ਵੇਖਹਿ ਤੇਹਾ ਵੇਖੁ ॥੧॥
ਮਹਲਾ ੨ ॥
ਹਉਮੈ ਏਹਾ ਜਾਤਿ ਹੈ ਹਉਮੈ ਕਰਮ ਕਮਾਹਿ ॥
ਹਉਮੈ ਏਈ ਬੰਧਨਾ ਫਿਰਿ ਫਿਰਿ ਜੋਨੀ ਪਾਹਿ ॥
ਹਉਮੈ ਕਿਥਹੁ ਊਪਜੈ ਕਿਤੁ ਸੰਜਮਿ ਇਹ ਜਾਇ ॥
ਹਉਮੈ ਏਹੋ ਹੁਕਮੁ ਹੈ ਪਇਐ ਕਿਰਤਿ ਫਿਰਾਹਿ ॥
ਹਉਮੈ ਦੀਰਘ ਰੋਗੁ ਹੈ ਦਾਰੂ ਭੀ ਇਸੁ ਮਾਹਿ ॥
ਕਿਰਪਾ ਕਰੇ ਜੇ ਆਪਣੀ ਤਾ ਗੁਰ ਕਾ ਸਬਦੁ ਕਮਾਹਿ ॥
ਨਾਨਕੁ ਕਹੈ ਸੁਣਹੁ ਜਨਹੁ ਇਤੁ ਸੰਜਮਿ ਦੁਖ ਜਾਹਿ ॥੨॥
ਪਉੜੀ ॥
ਸੇਵ ਕੀਤੀ ਸੰਤੋਖੀਈਬ਼ ਜਿਨ੍ਹਹੀ ਸਚੋ ਸਚੁ ਧਿਆਇਆ ॥
ਓਨ੍ਹੀ ਮੰਦੈ ਪੈਰੁ ਨ ਰਖਿਓ ਕਰਿ ਸੁਕ੍ਰਿਤੁ ਧਰਮੁ ਕਮਾਇਆ ॥
ਓਹੀ ਦੁਨੀਆ ਤੋੜੇ ਬੰਧਨਾ ਅੰਨੁ ਪਾਣੀ ਥੋੜਾ ਖਾਇਆ ॥
ਤੂੰ ਬਖਸੀਸੀ ਅਗਲਾ ਨਿਤ ਦੇਵਹਿ ਚੜਹਿ ਸਵਾਇਆ
ਵਡਿਆਈ ਵਡਾ ਪਾਇਆ ॥੭॥
ਸਲੋਕ ਮ: ੧ ॥
ਪੁਰਖਾਂ ਬਿਰਖਾਂ ਤੀਰਥਾਂ ਤਟਾਂ ਮੇਘਾਂ ਖੇਤਾਂਹ ॥
ਦੀਪਾਂ ਲੋਆਂ ਮੰਡਲਾਂ ਖੰਡਾਂ ਵਰਭੰਡਾਂਹ ॥
ਅੰਡਜ ਜੇਰਜ ਉਤਭੁਜਾਂ ਖਾਣੀ ਸੇਤਜਾਂਹ ॥
ਸੋ ਮਿਤਿ ਜਾਣੈ ਨਾਨਕਾ ਸਰਾਂ ਮੇਰਾਂ ਜੰਤਾਹ ॥
ਨਾਨਕ ਜੰਤ ਉਪਾਇ ਕੈ ਸੰਮਾਲੇ ਸਭਨਾਹ ॥
ਜਿਨਿ ਕਰਤੈ ਕਰਣਾ ਕੀਆ ਚਿੰਤਾ ਭਿ ਕਰਣੀ ਤਾਹ ॥
ਸੋ ਕਰਤਾ ਚਿੰਤਾ ਕਰੇ ਜਿਨਿ ਉਪਾਇਆ ਜਗੁ ॥
ਤਿਸੁ ਜੋਹਾਰੀ ਸੁਅਸਤਿ ਤਿਸੁ ਤਿਸੁ ਦੀਬਾਣੁ ਅਭਗੁ ॥
ਨਾਨਕ ਸਚੇ ਨਾਮ ਬਿਨੁ ਕਿਆ ਟਿਕਾ ਕਿਆ ਤਗੁ ॥੧॥
ਮਃ ੧ ॥
ਲਖ ਨੇਕੀਆ ਚੰਗਿਆਈਆ ਲਖ ਪੁੰਨਾ ਪਰਵਾਣੁ ॥
ਲਖ ਤਪ ਉਪਰਿ ਤੀਰਥਾਂ ਸਹਜ ਜੋਗ ਬੇਬਾਣ ॥
ਲਖ ਸੂਰਤਣ ਸੰਗਰਾਮ ਰਣ ਮਹਿ ਛੂਟਹਿ ਪਰਾਣ ॥
ਲਖ ਸੁਰਤੀ ਲਖ ਗਿਆਨ ਧਿਆਨ ਪੜੀਅਹਿ ਪਾਠ ਪੁਰਾਣ ॥
ਜਿਨਿ ਕਰਤੈ ਕਰਣਾ ਕੀਆ ਲਿਖਿਆ ਆਵਣ ਜਾਣੁ ॥
ਨਾਨਕ ਮਤੀ ਮਿਥਿਆ ਕਰਮੁ ਸਚਾ ਨੀਸਾਣੁ ॥੨॥
ਪਉੜੀ ॥
ਸਚਾ ਸਾਹਿਬੁ ਏਕੁ ਤੂੰ ਜਿਨਿ ਸਚੋ ਸਚੁ ਵਰਤਾਇਆ ॥
ਜਿਸੁ ਤੂੰ ਦੇਹਿ ਤਿਸੁ ਮਿਲੈ ਸਚੁ ਤਾ ਤਿਨ੍ਹੀ ਸਚੁ ਕਮਾਇਆ ॥
ਸਤਿਗੁਰਿ ਮਿਲਿਐ ਸਚੁ ਪਾਇਆ ਜਿਹ ਕੈ ਹਿਰਦੈ ਸਚੁ ਵਸਾਇਆ ॥
ਮੂਰਖ ਸਚੁ ਨ ਜਾਣਨਹੀ ਮਨਮੁਖੀ ਜਨਮੁ ਗਵਾਇਆ ॥
ਵਿਚਿ ਦੁਨੀਆ ਕਾਹੇ ਆਇਆ ॥੮॥
ਸਲੋਕੁ ਮਃ ੧ ॥
ਪੜਿ ਪੜਿ ਗਡੀ ਲਦੀਅਹਿ ਪੜਿ ਪੜਿ ਭਰੀਅਹਿ ਸਾਥ ॥
ਪੜਿ ਪੜਿ ਬੇੜੀ ਪਾਈਐ ਪੜਿ ਪੜਿ ਗਡੀਅਹਿ ਖਾਤ ॥
ਪੜੀਅਹਿ ਜੇਤੇ ਬਰਸ ਬਰਸ ਪੜੀਅਹਿ ਜੇਤੇ ਮਾਸ ॥
ਪੜੀਐ ਜੇਤੀ ਆਰਜਾ ਪੜੀਅਹਿ ਜੇਤੇ ਸਾਸ ॥
ਨਾਨਕ ਲੇਖੈ ਇਕ ਗਲ ਹੋਰੁ ਹਉਮੈ ਝਖਣਾ ਝਾਖ ॥੧॥
ਮਃ ੧ ॥
ਲਿਖਿ ਲਿਖਿ ਪੜਿਆ ॥
ਤੇਤਾ ਕੜਿਆ ॥
ਬਹੁ ਤੀਰਥ ਭਵਿਆ ॥
ਤੇਤੋ ਲਵਿਆ ॥
ਬਹੁ ਭੇਖ ਕੀਆ ਦੇਹੀ ਦੁਖੁ ਦੀਆ ॥
ਸਹੁ ਵੇ ਜੀਆ ਅਪਣਾ ਕੀਆ ॥
ਅੰਨੁ ਨ ਖਾਇਆ ਸਾਦੁ ਗਵਾਇਆ ॥
ਬਹੁ ਦੁਖੁ ਪਾਇਆ ਦੂਜਾ ਭਾਇਆ ॥
ਬਸਤ੍ਰ ਨ ਪਹਿਰੈ ॥
ਅਹਿਨਿਸਿ ਕਹਰੈ ॥
ਮੋਨਿ ਵਿਗੂਤਾ ॥
ਕਿਉ ਜਾਗੈ ਗੁਰ ਬਿਨੁ ਸੂਤਾ ॥
ਪਗ ਉਪੇਤਾਣਾ ॥
ਅਪਣਾ ਕੀਆ ਕਮਾਣਾ ॥
ਅਲੁ ਮਲੁ ਖਾਈ ਸਿਰਿ ਛਾਈ ਪਾਈ ॥
ਮੂਰਖਿ ਅੰਧੈ ਪਤਿ ਗਵਾਈ ॥
ਵਿਣੁ ਨਾਵੈ ਕਿਛੁ ਥਾਇ ਨ ਪਾਈ ॥
ਰਹੈ ਬੇਬਾਣੀ ਮੜੀ ਮਸਾਣੀ ॥
ਅੰਧੁ ਨ ਜਾਣੈ ਫਿਰਿ ਪਛੁਤਾਣੀ ॥
ਸਤਿਗੁਰੁ ਭੇਟੇ ਸੋ ਸੁਖੁ ਪਾਏ ॥
ਹਰਿ ਕਾ ਨਾਮੁ ਮੰਨਿ ਵਸਾਏ ॥
ਨਾਨਕ ਨਦਰਿ ਕਰੇ ਸੋ ਪਾਏ ॥
ਆਸ ਅੰਦੇਸੇ ਤੇ ਨਿਹਕੇਵਲੁ ਹਉਮੈ ਸਬਦਿ ਜਲਾਏ ॥੨॥
ਪਉੜੀ ॥
ਭਗਤ ਤੇਰੈ ਮਨਿ ਭਾਵਦੇ ਦਰਿ ਸੋਹਨਿ ਕੀਰਤਿ ਗਾਵਦੇ ॥
ਨਾਨਕ ਕਰਮਾ ਬਾਹਰੇ ਦਰਿ ਢੋਅ ਨ ਲਹਹੀ ਧਾਵਦੇ ॥
ਇਕਿ ਮੂਲੁ ਨ ਬੁਝਨਿਹ ਆਪਣਾ ਅਣਹੋਦਾ ਆਪੁ ਗਣਾਇਦੇ ।।
ਹਉ ਢਾਢੀ ਕਾ ਨੀਚ ਜਾਤਿ ਹੋਰਿ ਉਤਮ ਜਾਤਿ ਸਦਾਇਦੇ ॥
ਤਿਹ ਮੰਗਾ ਜਿ ਤੁਝੈ ਧਿਆਇਦੇ ॥੯॥
ਸਲੋਕੁ ਮਃ ੧ ॥
ਕੂੜੁ ਰਾਜਾ ਕੂੜੁ ਪਰਜਾ ਕੂੜੁ ਸਭੁ ਸੰਸਾਰੁ ॥
ਕੂੜੁ ਮੰਡਪ ਕੂੜੁ ਮਾੜੀ ਕੂੜੁ ਬੈਸਣਹਾਰੁ ॥
ਕੂੜੁ ਸੁਇਨਾ ਕੂੜੁ ਰੂਪਾ ਕੂੜੁ ਪੈਨ੍ਹਹਣਹਾਰੁ ॥
ਕੂੜੁ ਕਾਇਆ ਕੂੜੁ ਕਪੜੁ ਕੂੜੁ ਰੂਪੁ ਅਪਾਰੁ ॥
ਕੂੜੁ ਮੀਆ ਕੂੜੁ ਬੀਬੀ ਖਪਿ ਹੋਏ ਖਾਰੁ ॥
ਕੂੜਿ ਕੂੜੈ ਨੇਹੁ ਲਗਾ ਵਿਸਰਿਆ ਕਰਤਾਰੁ ॥
ਕਿਸੁ ਨਾਲਿ ਕੀਚੈ ਦੋਸਤੀ ਸਭੁ ਜਗੁ ਚਲਣਹਾਰੁ ॥
ਕੂੜੁ ਮਿਠਾ ਕੂੜੁ ਮਾਖਿਉ ਕੂੜੁ ਡੋਬੇ ਪੂਰੁ ॥
ਨਾਨਕੁ ਵਖਾਣੈ ਬੇਨਤੀ ਤੁਧੁ ਬਾਝੁ ਕੂੜੋ ਕੂੜੁ ॥੧॥
ਮ : ੧
ਸਚੁ ਤਾ ਪਰੁ ਜਾਣੀਐ ਜਾ ਰਿਦੈ ਸਚਾ ਹੋਇ ॥
ਕੂੜ ਕੀ ਮਲੁ ਉਤਰੈ ਤਨੁ ਕਰੇ ਹਛਾ ਧੋਇ ॥
ਸਚੁ ਤਾ ਪਰੁ ਜਾਣੀਐ ਜਾ ਸਚਿ ਧਰੇ ਪਿਆਰੁ ॥
ਨਾਉ ਸੁਣਿ ਮਨੁ ਰਹਸੀਐ ਤਾ ਪਾਏ ਮੋਖ ਦੁਆਰੁ ॥
ਸਚੁ ਤਾ ਪਰੁ ਜਾਣੀਐ ਜਾ ਜੁਗਤਿ ਜਾਣੈ ਜੀਉ ॥
ਧਰਤਿ ਕਾਇਆ ਸਾਧਿ ਕੈ ਵਿਚਿ ਦੇਇ ਕਰਤਾ ਬੀਉ ॥
ਸਚੁ ਤਾ ਪਰੁ ਜਾਣੀਐ ਜਾ ਸਿਖ ਸਚੀ ਲੇਇ ॥
ਦਇਆ ਜਾਣੈ ਜੀਅ ਕੀ ਕਿਛੁ ਪੁੰਨੁ ਦਾਨੁ ਕਰੇਇ ॥
ਸਚੁ ਤਾਂ ਪਰੁ ਜਾਣੀਐ ਜਾ ਆਤਮ ਤੀਰਥਿ ਕਰੇ ਨਿਵਾਸੁ ॥
ਸਤਿਗੁਰੂ ਨੋ ਪੁਛਿ ਕੈ ਬਹਿ ਰਹੈ ਕਰੇ ਨਿਵਾਸੁ ॥
ਸਚੁ ਸਭਨਾ ਹੋਇ ਦਾਰੂ ਪਾਪ ਕਢੈ ਧੋਇ ॥
ਨਾਨਕੁ ਵਖਾਣੈ ਬੇਨਤੀ ਜਿਨ ਸਚੁ ਪਲੈ ਹੋਇ ॥੨॥
ਪਉੜੀ ॥
ਦਾਨੁ ਮਹਿੰਡਾ ਤਲੀ ਖਾਕੁ ਜੇ ਮਿਲੈ ਤ ਮਸਤਕਿ ਲਾਈਐ ॥
ਕੂੜਾ ਲਾਲਚੁ ਛਡੀਐ ਹੋਇ ਇਕ ਮਨਿ ਅਲਖੁ ਧਿਆਈਐ ॥
ਫਲੁ ਤੇਵੇਹੋ ਪਾਈਐ ਜੇਵੇਹੀ ਕਾਰ ਕਮਾਈਐ ॥
ਜੇ ਹੋਵੈ ਪੂਰਬਿ ਲਿਖਿਆ ਤਾ ਧੂੜਿ ਤਿਨ੍ਹਾ ਦੀ ਪਾਈਐ ॥
ਮਤਿ ਥੋੜੀ ਸੇਵ ਗਵਾਈਐ ॥੧੦॥
ਸਲੋਕੁ ਮ: ੧ ।।
ਸਚਿ ਕਾਲੁ ਕੂੜੁ ਵਰਤਿਆ ਕਲਿ ਕਾਲਖ ਬੇਤਾਲ ॥
ਬੀਉ ਬੀਜਿ ਪਤਿ ਲੈ ਗਏ ਅਬ ਕਿਉ ਉਗਵੈ ਦਾਲਿ ॥
ਜੇ ਇਕੁ ਹੋਇ ਤ ਉਗਵੈ ਰੁਤੀ ਹੂ ਰੁਤਿ ਹੋਇ ॥
ਨਾਨਕ ਪਾਹੈ ਬਾਹਰਾ ਕੋਰੈ ਰੰਗੁ ਨ ਸੋਇ ॥
ਭੈ ਵਿਚਿ ਖੁੰਬਿ ਚੜਾਈਐ ਸਰਮੁ ਪਾਹੁ ਤਨਿ ਹੋਇ ॥
ਨਾਨਕ ਭਗਤੀ ਜੇ ਰਪੈ ਕੂੜੈ ਸੋਇ ਨ ਕੋਇ ॥੧॥
ਮ:੧।।
ਲਖੁ ਪਾਪੁ ਦੁਇ ਰਾਜਾ ਮਹਤਾ ਕੂੜੁ ਹੋਆ ਸਿਕਦਾਰੁ ॥
ਕਾਮੁ ਨੇਬੁ ਸਦਿ ਪੁਛੀਐ ਬਹਿ ਬਹਿ ਕਰੇ ਬੀਚਾਰੁ ॥
ਅੰਧੀ ਰਯਤਿ ਗਿਆਨ ਵਿਹੂਣੀ ਭਾਹਿ ਭਰੇ ਮੁਰਦਾਰੁ ॥
ਗਿਆਨੀ ਨਚਹਿ ਵਾਜੇ ਵਾਵਹਿ ਰੂਪ ਕਰਹਿ ਸੀਗਾਰੁ ॥
ਊਚੇ ਕੂਕਹਿ ਵਾਦਾ ਗਾਵਹਿ ਜੋਧਾ ਕਾ ਵੀਚਾਰੁ ॥
ਮੂਰਖ ਪੰਡਿਤ ਹਿਕਮਤਿ ਹੁਜਤਿ ਸੰਜੈ ਕਰਹਿ ਪਿਆਰੁ ॥
ਧਰਮੀ ਧਰਮੁ ਕਰਹਿ ਗਾਵਾਵਹਿ ਮੰਗਹਿ ਮੋਖ ਦੁਆਰੁ ॥
ਜਤੀ ਸਦਾਵਹਿ ਜੁਗਤਿ ਨ ਜਾਣਹਿ ਛਡਿ ਬਹਹਿ ਘਰ ਬਾਰੁ ॥
ਸਭੁ ਕੋ ਪੂਰਾ ਆਪੇ ਹੋਵੈ ਘਟਿ ਨ ਕੋਈ ਆਖੈ ॥
ਪਤਿ ਪਰਵਾਣਾ ਪਿਛੈ ਪਾਈਐ ਤਾ ਨਾਨਕ ਤੋਲਿਆ ਜਾਪੈ ॥੨॥
ਮ:੧।।
ਵਦੀ ਸੁ ਵਜਗਿ ਨਾਨਕਾ ਸਚਾ ਵੇਖੈ ਸੋਇ ॥
ਸਭਨੀ ਛਾਲਾ ਮਾਰੀਆ ਕਰਤਾ ਕਰੇ ਸੁ ਹੋਇ ॥
ਅਗੈ ਜਾਤਿ ਨ ਜੋਰੁ ਹੈ ਅਗੈ ਜੀਉ ਨਵੇ ॥
ਜਿਨ ਕੀ ਲੇਖੈ ਪਤਿ ਪਵੈ ਚੰਗੇ ਸੇਈ ਕੇਇ ॥੩॥
ਪਉੜੀ॥
ਧੁਰਿ ਕਰਮੁ ਜਿਨਾ ਕਉ ਤੁਧੁ ਪਾਇਆ ਤਾ ਤਿਨੀ ਖਸਮੁ ਧਿਆਇਆ ॥
ਏਨਾ ਜੰਤਾ ਕੈ ਵਸਿ ਕਿਛੁ ਨਾਹੀ ਤੁਧੁ ਵੇਕੀ ਜਗਤੁ ਉਪਾਇਆ ॥
ਇਕਨਾ ਨੋ ਤੂੰ ਮੇਲਿ ਲੈਹਿ ਇਕਿ ਆਪਹੁ ਤੁਧੁ ਖੁਆਇਆ ॥
ਗੁਰ ਕਿਰਪਾ ਤੇ ਜਾਣਿਆ ਜਿਥੈ ਤੁਧੁ ਆਪੁ ਬੁਝਾਇਆ ॥
ਸਹਜੇ ਹੀ ਸਚਿ ਸਮਾਇਆ ॥੧੧॥
ਸਲੋਕੁ ਮ: ੧॥
ਦੁਖੁ ਦਾਰੂ ਸੁਖੁ ਰੋਗੁ ਭਇਆ ਜਾ ਸੁਖੁ ਤਾਮਿ ਨ ਹੋਈ ॥
ਤੂੰ ਕਰਤਾ ਕਰਣਾ ਮੈ ਨਾਹੀ ਜਾ ਹਉ ਕਰੀ ਨ ਹੋਈ ॥੧॥
ਬਲਿਹਾਰੀ ਕੁਦਰਤਿ ਵਸਿਆ ॥
ਤੇਰਾ ਅੰਤੁ ਨ ਜਾਈ ਲਖਿਆ ॥੧॥ ਰਹਾਉ ॥
ਜਾਤਿ ਮਹਿ ਜੋਤਿ ਜੋਤਿ ਮਹਿ ਜਾਤਾ ਅਕਲ ਕਲਾ ਭਰਪੂਰਿ ਰਹਿਆ ॥
ਤੂੰ ਸਚਾ ਸਾਹਿਬੁ ਸਿਫਤਿ ਸੁਆਲਿਹਉ ਜਿਨਿ ਕੀਤੀ ਸੋ ਪਾਰਿ ਪਇਆ ॥
ਕਹੁ ਨਾਨਕ ਕਰਤੇ ਕੀਆ ਬਾਤਾ ਜੋ ਕਿਛੁ ਕਰਣਾ ਸੁ ਕਰਿ ਰਹਿਆ ॥੨॥
ਮ : २ ॥
ਜੋਗ ਸਬਦੰ ਗਿਆਨ ਸਬਦੰ ਬੇਦ ਸਬਦੰ ਬ੍ਰਾਹਮਣਹ ॥
ਖਤ੍ਰੀ ਸਬਦੰ ਸੂਰ ਸਬਦੰ ਸੂਦ੍ਰ ਸਬਦੰ ਪਰਾ ਕ੍ਰਿਤਹ ॥
ਸਰਬ ਸਬਦੰ ਏਕ ਸਬਦੰ ਜੇ ਕੋ ਜਾਣੈ ਭੇਉ ॥
ਨਾਨਕੁ ਤਾ ਕਾ ਦਾਸੁ ਹੈ ਸੋਈ ਨਿਰੰਜਨ ਦੇਉ ॥੩॥
ਮ : २ ॥
ਏਕ ਕ੍ਰਿਸਨੰ ਸਰਬ ਦੇਵਾ ਦੇਵ ਦੇਵਾ ਤ ਆਤਮਾ ॥
ਆਤਮਾ ਬਾਸੁਦੇਵਯ੍ਯ ਜੇ ਕੋ ਜਾਣੈ ਭੇਉ ॥
ਨਾਨਕੁ ਤਾ ਕਾ ਦਾਸੁ ਹੈ ਸੋਈ ਨਿਰੰਜਨ ਦੇਉ ॥੪॥
ਮਃ ੧ ॥
ਕੁੰਭੇ ਬਧਾ ਜਲੁ ਰਹੈ ਜਲ ਬਿਨੁ ਕੁੰਭੁ ਨ ਹੋਇ ॥
ਗਿਆਨ ਕਾ ਬਧਾ ਮਨੁ ਰਹੈ ਗੁਰ ਬਿਨੁ ਗਿਆਨੁ ਨ ਹੋਇ ॥੫॥
ਪਉੜੀ ॥
ਪੜਿਆ ਹੋਵੈ ਗੁਨਹਗਾਰੁ ਤਾ ਓਮੀ ਸਾਧੁ ਨ ਮਾਰੀਐ ॥
ਜੇਹਾ ਘਾਲੇ ਘਾਲਣਾ ਤੇਵੇਹੋ ਨਾਉ ਪਚਾਰੀਐ ॥
ਐਸੀ ਕਲਾ ਨ ਖੇਡੀਐ ਜਿਤੁ ਦਰਗਹ ਗਇਆ ਹਾਰੀਐ ॥
ਪੜਿਆ ਅਤੈ ਓਮੀਆ ਵੀਚਾਰੁ ਅਗੈ ਵੀਚਾਰੀਐ ॥
ਮੁਹਿ ਚਲੈ ਸੁ ਅਗੈ ਮਾਰੀਐ ॥੧੨॥
ਨਾਨਕ ਮੇਰੁ ਸਰੀਰ ਕਾ ਇਕੁ ਰਥੁ ਇਕੁ ਰਥਵਾਹੁ ॥
ਜੁਗੁ ਜੁਗੁ ਫੇਰਿ ਵਟਾਈਅਹਿ ਗਿਆਨੀ ਬੁਝਹਿ ਤਾਹਿ ॥
ਸਤਜੁਗਿ ਰਥੁ ਸੰਤੋਖ ਕਾ ਧਰਮੁ ਅਗੈ ਰਥਵਾਹੁ ॥
ਤ੍ਰੇਤੈ ਰਥੁ ਜਤੈ ਕਾ ਜੋਰੁ ਅਗੈ ਰਥਵਾਹੁ ॥
ਦੁਆਪੁਰਿ ਰਥੁ ਤਪੈ ਕਾ ਸਤੁ ਅਗੈ ਰਥਵਾਹੁ ॥
ਕਲਜੁਗਿ ਰਥੁ ਅਗਨਿ ਕਾ ਕੂੜੁ ਅਗੈ ਰਥਵਾਹੁ ॥੧॥
ਮ : ੧ ।।
ਸਾਮ ਕਹੈ ਸੇਤੰਬਰੁ ਸੁਆਮੀ ਸਚ ਮਹਿ ਆਛੈ ਸਾਚਿ ਰਹੇ ॥
ਸਭੁ ਕੋ ਸਚਿ ਸਮਾਵੈ ॥
ਰਿਗੁ ਕਹੈ ਰਹਿਆ ਭਰਪੂਰਿ ॥
ਰਾਮ ਨਾਮੁ ਦੇਵਾ ਮਹਿ ਸੂਰੁ ॥
ਨਾਇ ਲਇਐ ਪਰਾਛਤ ਜਾਹਿ ॥
ਨਾਨਕ ਤਉ ਮੋਖੰਤਰੁ ਪਾਹਿ ॥
ਜੁਜ ਮਹਿ ਜੋਰਿ ਛਲੀ ਚੰਦ੍ਰਾਵਲਿ ਕਾਨ੍ਹ ਕ੍ਰਿਸਨੁ ਜਾਦਮੁ ਭਇਆ ॥
ਪਾਰਜਾਤੁ ਗੋਪੀ ਲੈ ਆਇਆ ਬਿੰਦ੍ਰਾਬਨ ਮਹਿ ਰੰਗੁ ਕੀਆ ॥
ਕਲਿ ਮਹਿ ਬੇਦੁ ਅਥਰਬਣੁ ਹੂਆ ਨਾਉ ਖੁਦਾਈ ਅਲਹੁ ਭਇਆ ॥
ਨੀਲ ਬਸਤ੍ਰ ਲੇ ਕਪੜੇ ਪਹਿਰੇ ਤੁਰਕ ਪਠਾਣੀ ਅਮਲੁ ਕੀਆ ॥
ਚਾਰੇ ਵੇਦ ਹੋਏ ਸਚਿਆਰ ॥
ਪੜਹਿ ਗੁਣਹਿ ਤਿਨ੍ਹ ਚਾਰ ਵੀਚਾਰ ॥
ਭਾਉ ਭਗਤਿ ਕਰਿ ਨੀਚੁ ਸਦਾਏ ॥
ਤਉ ਨਾਨਕ ਮੋਖੰਤਰੁ ਪਾਏ ॥੨॥
ਪਉੜੀ ॥
ਸਤਿਗੁਰ ਵਿਟਹੁ ਵਾਰਿਆ ਜਿਤੁ ਮਿਲਿਐ ਖਸਮੁ ਸਮਾਲਿਆ ॥
ਜਿਨਿ ਕਰਿ ਉਪਦੇਸੁ ਗਿਆਨ ਅੰਜਨੁ ਦੀਆ ਇਨ੍ਹੀ ਨੇਤ੍ਰੀ ਜਗਤੁ ਨਿਹਾਲਿਆ ॥
ਖਸਮੁ ਛੋਡਿ ਦੂਜੈ ਲਗੇ ਡੁਬੇ ਸੇ ਵਣਜਾਰਿਆ ॥
ਸਤਿਗੁਰੂ ਹੈ ਬੋਹਿਥਾ ਵਿਰਲੈ ਕਿਨੈ ਵੀਚਾਰਿਆ ॥
ਕਰਿ ਕਿਰਪਾ ਪਾਰਿ ਉਤਾਰਿਆ ॥੧੩॥
ਸਲੋਕੁ ਮਃ ੧ ॥
ਸਿੰਮਲ ਰੁਖੁ ਸਰਾਇਰਾ ਅਤਿ ਦੀਰਘ ਅਤਿ ਮੁਚੁ ॥
ਓਇ ਜਿ ਆਵਹਿ ਆਸ ਕਰਿ ਜਾਹਿ ਨਿਰਾਸੇ ਕਿਤੁ ॥
ਫਲ ਫਿਕੇ ਫੁਲ ਬਕਬਕੇ ਕੰਮਿ ਨ ਆਵਹਿ ਪਤ ॥
ਮਿਠਤੁ ਨੀਵੀ ਨਾਨਕਾ ਗੁਣ ਚੰਗਿਆਈਆ ਤਤੁ ॥
ਸਭੁ ਕੋ ਨਿਵੈ ਆਪ ਕਉ ਪਰ ਕਉ ਨਿਵੈ ਨ ਕੋਇ ॥
ਧਰਿ ਤਾਰਾਜੂ ਤੋਲੀਐ ਨਿਵੈ ਸੁ ਗਉਰਾ ਹੋਇ ॥
ਅਪਰਾਧੀ ਦੂਣਾ ਨਿਵੈ ਜੋ ਹੰਤਾ ਮਿਰਗਾਹਿ ॥
ਸੀਸਿ ਨਿਵਾਇਐ ਕਿਆ ਥੀਐ ਜਾ ਰਿਦੈ ਕੁਸੁਧੇ ਜਾਹਿ ॥੧॥
ਮ : ੧॥
ਪੜਿ ਪੁਸਤਕ ਸੰਧਿਆ ਬਾਦੰ ॥
ਸਿਲ ਪੂਜਸਿ ਬਗੁਲ ਸਮਾਧੰ ॥
ਮੁਖਿ ਝੂਠ ਬਿਭੂਖਣ ਸਾਰੰ ॥
ਤ੍ਰੈਪਾਲ ਤਿਹਾਲ ਬਿਚਾਰੰ ॥
ਗਲਿ ਮਾਲਾ ਤਿਲਕੁ ਲਿਲਾਟੰ ॥
ਦੁਇ ਧੋਤੀ ਬਸਤ੍ਰ ਕਪਾਟੰ ॥
ਜੇ ਜਾਣਸਿ ਬ੍ਰਹਮੰ ਕਰਮੰ ॥
ਸਭਿ ਫੋਕਟ ਨਿਸਚਉ ਕਰਮੰ ॥
ਕਹੁ ਨਾਨਕ ਨਿਹਚਉ ਧਿਆਵੈ ॥
ਵਿਣੁ ਸਤਿਗੁਰ ਵਾਟ ਨ ਪਾਵੈ ॥੨॥
ਪਉੜੀ ॥
ਕਪੜੁ ਰੂਪ ਸੁਹਾਵਣਾ ਛਡਿ ਦੁਨੀਆ ਅੰਦਰਿ ਜਾਵਣਾ ॥
ਮੰਦਾ ਚੰਗਾ ਆਪਣਾ ਆਪੇ ਹੀ ਕੀਤਾ ਪਾਵਣਾ ॥
ਹੁਕਮ ਕੀਏ ਮਨਿ ਭਾਵਦੇ ਰਾਹਿ ਭੀੜੈ ਅਗੈ ਜਾਵਣਾ ॥
ਨੰਗਾ ਦੋਜਕਿ ਚਾਲਿਆ ਤਾ ਦਿਸੈ ਖਰਾ ਡਰਾਵਣਾ ॥
ਕਰਿ ਅਉਗਣ ਪਛੋਤਾਵਣਾ ॥੧੪॥
ਸਲੋਕੁ ਮਃ ੧ ॥
ਦਇਆ ਕਪਾਹ ਸੰਤੋਖੁ ਸੂਤੁ ਜਤੁ ਗੰਢੀ ਸਤੁ ਵਟੁ ॥
ਏਹੁ ਜਨੇਊ ਜੀਅ ਕਾ ਹਈ ਤ ਪਾਡੇ ਘਤੁ ॥
ਨਾ ਏਹੁ ਤੁਟੈ ਨ ਮਲੁ ਲਗੈ ਨਾ ਏਹੁ ਜਲੈ ਨ ਜਾਇ ॥
ਧੰਨੁ ਸੁ ਮਾਣਸ ਨਾਨਕਾ ਜੋ ਗਲਿ ਚਲੇ ਪਾਇ ॥
ਚਉਕੜਿ ਮੁਲਿ ਅਣਾਇਆ ਬਹਿ ਚਉਕੈ ਪਾਇਆ ॥
ਸਿਖਾ ਕੰਨਿ ਚੜਾਈਆ ਗੁਰੁ ਬ੍ਰਾਹਮਣੁ ਥਿਆ ॥
ਓਹੁ ਮੁਆ ਓਹੁ ਝੜਿ ਪਇਆ ਵੇਤਗਾ ਗਇਆ ॥੧॥
ਮ : ੧॥
ਲਖ ਚੋਰੀਆ ਲਖ ਜਾਰੀਆ ਲਖ ਕੁੜੀਆ ਲਖ ਗਾਲਿ ॥
ਲਖ ਠਗੀਆ ਪਹਿਨਾਮੀਆ ਰਾਤਿ ਦਿਨਸੁ ਜੀਅ ਨਾਲਿ ॥
ਤਗੁ ਕਪਾਹਹੁ ਕਤੀਐ ਬਾਮ੍ਹਣੁ ਵਟੇ ਆਇ ॥
ਕਹਿ ਬਕਰਾ ਰਿੰਨ੍ਹਿ ਖਾਇਆ ਸਭੁ ਕੋ ਆਖੈ ਪਾਇ ॥
ਹੋਇ ਪੁਰਾਣਾ ਸੁਟੀਐ ਭੀ ਫਿਰਿ ਪਾਈਐ ਹੋਰੁ ॥
ਨਾਨਕ ਤਗੁ ਨ ਤੁਟਈ ਜੇ ਤਗਿ ਹੋਵੈ ਜੋਰੁ ॥੨॥
ਮ : ੧ ॥
ਨਾਇ ਮੰਨਿਐ ਪਤਿ ਉਪਜੈ ਸਾਲਾਹੀ ਸਚੁ ਸੂਤੁ ॥
ਦਰਗਹ ਅੰਦਰਿ ਪਾਈਐ ਤਗੁ ਨ ਤੂਟਸਿ ਪੂਤ ॥੩॥
ਮ : ੧ ॥
ਤਗੁ ਨ ਇੰਦ੍ਰੀ ਤਗੁ ਨ ਨਾਰੀ ॥
ਭਲਕੇ ਥੁਕ ਪਵੈ ਨਿਤ ਦਾੜੀ ॥
ਤਗੁ ਨ ਪੈਰੀ ਤਗੁ ਨ ਹਥੀ ॥
ਤਗੁ ਨ ਜਿਹਵਾ ਤਗੁ ਨ ਅਖੀ ॥
ਵੇਤਗਾ ਆਪੇ ਵਤੈ ॥
ਤਨਿ ਫਿਟੈ ਫੇੜ ਕਰੇਨਿ ॥
ਮਨਿ ਜੂਠੈ ਚੁਲੀ ਭਰੇਨਿ ॥
ਕਹੁ ਨਾਨਕ ਸਚੁ ਧਿਆਈਐ ॥
ਸੁਚਿ ਹੋਵੈ ਤਾ ਸਚੁ ਪਾਈਐ ॥੨॥
ਪਉੜੀ ॥
ਚਿਤੈ ਅੰਦਰਿ ਸਭੁ ਕੋ ਵੇਖਿ ਨਦਰੀ ਹੇਠਿ ਚਲਾਇਦਾ ॥
ਆਪੇ ਦੇ ਵਡਿਆਈਆ ਆਪੇ ਹੀ ਕਰਮ ਕਰਾਇਦਾ ॥
ਵਡਹੁ ਵਡਾ ਵਡ ਮੇਦਨੀ ਸਿਰੇ ਸਿਰਿ ਧੰਧੈ ਲਾਇਦਾ ॥
ਨਦਰਿ ਉਪਠੀ ਜੇ ਕਰੇ ਸੁਲਤਾਨਾ ਘਾਹੁ ਕਰਾਇਦਾ ॥ ਦਰਿ ਮੰਗਨਿ ਭਿਖ ਨ ਪਾਇਦਾ ॥੧੬॥
ਸਲੋਕੁ ਮ०: ੧ ॥
ਜੇ ਮੋਹਾਕਾ ਘਰੁ ਮੁਹੈ ਘਰੁ ਮੁਹਿ ਪਿਤਰੀ ਦੇਇ ॥
ਅਗੈ ਵਸਤੁ ਸਿਞਾਣੀਐ ਪਿਤਰੀ ਚੋਰ ਕਰੇਇ ॥
ਵਢੀਅਹਿ ਹਥ ਦਲਾਲ ਕੇ ਮੁਸਫੀ ਏਹ ਕਰੇਇ ॥
ਨਾਨਕ ਅਗੈ ਸੋ ਮਿਲੈ ਜਿ ਖਟੇ ਘਾਲੇ ਦੇਇ ॥੧॥
ਮ : ੧ ॥
ਜਿਉ ਜੋਰੂ ਸਿਰਨਾਵਣੀ ਆਵੈ ਵਾਰੋ ਵਾਰ ॥
ਜੂਠੇ ਜੂਠਾ ਮੁਖਿ ਵਸੈ ਨਿਤ ਨਿਤ ਹੋਇ ਖੁਆਰੁ ॥
ਸਚੇ ਏਹਿ ਨ ਆਖੀਅਹਿ ਬਹਨਿ ਜਿ ਪਿੰਡਾ ਧੋਇ ॥
ਸੂਚੇ ਸੇਈ ਨਾਨਕਾ ਜਿਨ ਮਨਿ ਵਸਿਆ ਸੋਇ ॥੨॥
ਪਉੜੀ ॥
ਤੁਰੇ ਪਲਾਣੇ ਪਉਣ ਵੇਗ ਹਰ ਰੰਗੀ ਹਰਮ ਸਵਾਰਿਆ ॥
ਕੋਠੇ ਮੰਡਪ ਮਾੜੀਆ ਲਾਇ ਬੈਠੇ ਕਰਿ ਪਾਸਾਰਿਆ ॥
ਚੀਜ ਕਰਨਿ ਮਨਿ ਭਾਵਦੇ ਹਰਿ ਬੁਝਨਿ ਨਾਹੀ ਹਾਰਿਆ ॥
ਕਰਿ ਫੁਰਮਾਇਸਿ ਖਾਇਆ ਵੇਖਿ ਮਹਲਤਿ ਮਰਣੁ ਵਿਸਾਰਿਆ ॥
ਜਰੁ ਆਈ ਜੋਬਨਿ ਹਾਰਿਆ ॥੧੭॥
ਸਲੋਕੁ ਮਃ ੧ ॥
ਜੇ ਕਰਿ ਸੂਤਕੁ ਮੰਨੀਐ ਸਭ ਤੈ ਸੂਤਕੁ ਹੋਇ ॥
ਗੋਹੇ ਅਤੈ ਲਕੜੀ ਅੰਦਰਿ ਕੀੜਾ ਹੋਇ ॥
ਜੇਤੇ ਦਾਣੇ ਅੰਨ ਕੇ ਜੀਆ ਬਾਝੁ ਨ ਕੋਇ ॥
ਪਹਿਲਾ ਪਾਣੀ ਜੀਉ ਹੈ ਜਿਤੁ ਹਰਿਆ ਸਭੁ ਕੋਇ ॥
ਸੂਤਕੁ ਕਿਉ ਕਰਿ ਰਖੀਐ ਸੂਤਕੁ ਪਵੈ ਰਸੋਇ ॥
ਨਾਨਕ ਸੂਤਕੁ ਏਵ ਨ ਉਤਰੈ ਗਿਆਨੁ ਉਤਾਰੇ ਧੋਇ ॥੧॥
ਮਃ ੧ ॥
ਮਨ ਕਾ ਸੂਤਕੁ ਲੋਭੁ ਹੈ ਜਿਹਵਾ ਸੂਤਕੁ ਕੂੜੁ ॥
ਅਖੀ ਸੂਤਕੁ ਵੇਖਣਾ ਪਰ ਤ੍ਰਿਅ ਪਰ ਧਨ ਰੂਪੁ ॥
ਕੰਨੀ ਸੂਤਕੁ ਕੰਨਿ ਪੈ ਲਾਇਤਬਾਰੀ ਖਾਹਿ ॥
ਨਾਨਕ ਹੰਸਾ ਆਦਮੀ ਬਧੇ ਜਮ ਪੁਰਿ ਜਾਹਿ ॥੨॥
ਮਃ ੧ ॥
ਸਭੋ ਸੂਤਕੁ ਭਰਮੁ ਹੈ ਦੂਜੈ ਲਗੈ ਜਾਇ ॥
ਜੰਮਣੁ ਮਰਣਾ ਹੁਕਮੁ ਹੈ ਭਾਣੈ ਆਵੈ ਜਾਇ ॥
ਖਾਣਾ ਪੀਣਾ ਪਵਿਝ ਹੈ ਦਿਤੋਨੁ ਰਿਜਕੁ ਸੰਬਾਹਿ ॥
ਨਾਨਕ ਜਿਨ੍ਹੀ ਗੁਰਮੁਖਿ ਬੁਝਿਆ ਤਿਨ੍ਹਾ ਸੂਤਕੁ ਨਾਹਿ ॥੩॥
ਪਉੜੀ ॥
ਸਤਿਗੁਰੁ ਵਡਾ ਕਰਿ ਸਾਲਾਹੀਐ ਜਿਸੁ ਵਿਚਿ ਵਡੀਆ ਵਡਿਆਈਆ ॥
ਸਹਿ ਮੇਲੇ ਤਾ ਨਦਰੀ ਆਈਆ ॥
ਜਾ ਤਿਸੁ ਭਾਣਾ ਤਾ ਮਨਿ ਵਸਾਈਆ ॥
ਕਰਿ ਹੁਕਮੁ ਮਸਤਕਿ ਹਥੁ ਧਰਿ ਵਿਚਹੁ ਮਾਰਿ ਕਢੀਆ ਬੁਰਿਆਈਆ ॥
ਸਹਿ ਤੁਠੈ ਨਉ ਨਿਧਿ ਪਾਈਆ ॥੧੮॥
ਸਲੋਕੁ ਮਃ ੧ ॥
ਪਹਿਲਾ ਸਚਾ ਆਪਿ ਹੋਇ ਸਚੈ ਬੈਠਾ ਆਇ ॥
ਸਚੇ ਅਗੈ ਰਖਿਓਨੁ ਕੋਇ ਨ ਭਿਟਿਓ ਜਾਇ ॥
ਸਚਾ ਹੋਇ ਕੈ ਜੇਵਿਆ ਲਗਾ ਪੜਣਿ ਸਲੋਕੁ ॥
ਕੁਹਥੀ ਜਾਈ ਸਟਿਆ ਕਿਸੁ ਏਹੁ ਲਗਾ ਦੋਖੁ ॥
ਅੰਨੁ ਦੇਵਤਾ ਪਾਣੀ ਦੇਵਤਾ ਬੈਸੰਤਰੁ ਦੇਵਤਾ ਲੂਣੁ ਪੰਜਵਾ ਪਾਇਆ ਘਿਰਤੁ ॥
ਤਾ ਹੋਆ ਪਾਕ ਪਵਿਤੁ ॥
ਪਾਪੀ ਸਿਉ ਤਨੁ ਗਡਿਆ ਥੁਕਾ ਪਈਆ ਤਿਤੁ ॥
ਜਿਤੁ ਮੁਖਿ ਨਾਮੁ ਨ ਉਚਰਹਿ ਬਿਨੁ ਨਾਵੈ ਰਸ ਖਾਹਿ ॥
ਨਾਨਕ ਏਵੈ ਜਾਣੀਐ ਤਿਤੁ ਮੁਖਿ ਥਕਾ ਪਾਹਿ ॥੧॥
ਮਃ ੧ ॥
ਭੰਡਿ ਜੰਮੀਐ ਭੰਡਿ ਨਿੰਮੀਐ ਭੰਡਿ ਮੰਗਣੁ ਵੀਆਹੁ ॥
ਭੰਡਹੁ ਹੋਵੈ ਦੋਸਤੀ ਭੰਡਹੁ ਚਲੈ ਰਾਹੁ ॥
ਭੰਡੁ ਮੁਆ ਭੰਡੁ ਭਾਲੀਐ ਭੰਡਿ ਹੋਵੈ ਬੰਧਾਨੁ ॥
ਸੋ ਕਿਉ ਮੰਦਾ ਆਖੀਐ ਜਿਤੁ ਜੰਮਹਿ ਰਾਜਾਨ ॥
ਭੰਡਹੁ ਹੀ ਭੰਡੁ ਊਪਜੈ ਭੰਡੈ ਬਾਝੁ ਨ ਕੋਇ ॥
ਨਾਨਕ ਭੰਡੈ ਬਾਹਰਾ ਏਕੋ ਸਚਾ ਸੋਇ ॥
ਜਿਤੁ ਮੁਖਿ ਸਦਾ ਸਾਲਾਹੀਐ ਭਾਗਾ ਰਤੀ ਚਾਰਿ ॥
ਨਾਨਕ ਤੇ ਮੁਖ ਊਜਲੇ ਤਿਤੁ ਸਚੈ ਦਰਬਾਰਿ ॥੨॥
ਪਉੜੀ ॥
ਸਭੁ ਕੋ ਆਖੈ ਆਪਣਾ ਜਿਸੁ ਨਾਹੀ ਸੋ ਚੁਣਿ ਕਢੀਐ ॥
ਕੀਤਾ ਆਪੋ ਆਪਣਾ ਆਪੇ ਹੀ ਲੇਖਾ ਸੰਢੀਐ ॥
ਜਾ ਰਹਣਾ ਨਾਹੀ ਐਤੁ ਜਗਿ ਤਾ ਕਾਇਤੁ ਗਾਰਬਿ ਹੰਢੀਐ ॥
ਮੰਦਾ ਕਿਸੈ ਨ ਆਖੀਐ ਪੜਿ ਅਖਰੁ ਏਹੋ ਬੁਝੀਐ॥
ਮੂਰਖੈ ਨਾਲਿ ਨ ਲੁਝੀਐ ॥੧੯॥
ਸਲੋਕੁ ਮਃ ੧ ॥
ਨਾਨਕ ਫਿਕੈ ਬੋਲਿਐ ਤਨੁ ਮਨੁ ਫਿਕਾ ਹੋਇ ॥
ਫਿਕੋ ਫਿਕਾ ਸਦੀਐ ਫਿਕੇ ਫਿਕੀ ਸੋਇ ॥
ਫਿਕਾ ਦਰਗਹ ਸਟੀਐ ਮੁਹਿ ਥੁਕਾ ਫਿਕੇ ਪਾਇ ॥
ਫਿਕਾ ਮੂਰਖੁ ਆਖੀਐ ਪਾਣਾ ਲਹੈ ਸਜਾਇ ॥੧॥
ਮਃ ੧ ॥
ਅੰਦਰਹੁ ਝੂਠੇ ਪੈਜ ਬਾਹਰਿ ਦੁਨੀਆ ਅੰਦਰਿ ਫੈਲੁ ॥
ਅਠਸਠਿ ਤੀਰਥ ਜੇ ਨਾਵਹਿ ਉਤਰੈ ਨਾਹੀ ਮੈਲੁ ॥
ਜਿਨ੍ਹ ਪਟੁ ਅੰਦਰਿ ਬਾਹਰਿ ਗੁਦੜੁ ਤੇ ਭਲੇ ਸੰਸਾਰਿ ॥
ਤਿਨ੍ਹ ਨੇਹੁ ਲਗਾ ਰਬ ਸੇਤੀ ਦੇਖਨ੍ਹੇ ਵੀਚਾਰਿ ॥
ਰੰਗਿ ਹਸਹਿ ਰੰਗਿ ਰੋਵਹਿ ਚੁਪ ਭੀ ਕਰਿ ਜਾਹਿ ॥
ਪਰਵਾਹ ਨਾਹੀ ਕਿਸੈ ਕੇਰੀ ਬਾਝੁ ਸਚੇ ਨਾਹ ॥
ਦਰਿ ਵਾਟ ਉਪਰਿ ਖਰਚੁ ਮੰਗਾ ਜਬੈ ਦੇਇ ਤ ਖਾਹਿ ॥
ਦੀਬਾਨੁ ਏਕੈ ਕਲਮ ਏਕਾ ਹਮਾ ਤੁਮ੍ਹਾ ਮੇਲੁ ॥
ਦਰਿ ਲਏ ਲੇਖਾ ਪੀੜਿ ਛੁਟੈ ਨਾਨਕਾ ਜਿਉ ਤੇਲੁ ॥੨॥
ਪਉੜੀ ॥
ਆਪੇ ਹੀ ਕਰਣਾ ਕੀਓ ਕਲ ਆਪੇ ਹੀ ਤੈ ਧਾਰੀਐ ॥
ਦੇਖਹਿ ਕੀਤਾ ਆਪਣਾ ਧਰਿ ਕਚੀ ਪਕੀ ਸਾਰੀਐ ॥
ਜੋ ਆਇਆ ਸੋ ਚਲਸੀ ਸਭੁ ਕੋਈ ਆਈ ਵਾਰੀਐ ॥
ਜਿਸ ਕੇ ਜੀਅ ਪਰਾਣ ਹਹਿ ਕਿਉ ਸਾਹਿਬੁ ਮਨਹੁ ਵਿਸਾਰੀਐ ॥
ਆਪਣ ਹਥੀ ਆਪਣਾ ਆਪੇ ਹੀ ਕਾਜੁ ਸਵਾਰੀਐ ॥੨੦॥
ਸਲੋਕੁ ਮਹਲਾ ੨ ॥
ਏਹ ਕਿਨੇਹੀ ਆਸਕੀ ਦੂਜੈ ਲਗੈ ਜਾਇ ॥
ਨਾਨਕ ਆਸਕੁ ਕਾਂਢੀਐ ਸਦ ਹੀ ਰਹੈ ਸਮਾਇ ॥
ਚੰਗੈ ਚੰਗਾ ਕਰਿ ਮਨੇ ਮੰਦੈ ਮੰਦਾ ਹੋਇ ॥
ਆਸਕੁ ਏਹੁ ਨ ਆਖੀਐ ਜਿ ਲੇਖੈ ਵਰਤੈ ਸੋਇ ॥੧॥
ਮਹਲਾ ੨ ॥
ਸਲਾਮੁ ਜਬਾਬੁ ਦੋਵੈ ਕਰੇ ਮੁੰਢਹੁ ਘੁਥਾ ਜਾਇ ॥
ਨਾਨਕ ਦੋਵੈ ਕੂੜੀਆ ਥਾਇ ਨ ਕਾਈ ਪਾਇ ॥੨॥
ਪਉੜੀ ॥
ਜਿਤੁ ਸੇਵਿਐ ਸੁਖੁ ਪਾਈਐ ਸੋ ਸਾਹਿਬੁ ਸਦਾ ਸਮ੍ਹਾਲੀਐ ॥
ਜਿਤੁ ਕੀਤਾ ਪਾਈਐ ਆਪਣਾ ਸਾ ਘਾਲ ਬੁਰੀ ਕਿਉ ਘਾਲੀਐ ॥
ਮੱਦਾ ਮੂਲਿ ਨ ਕੀਚਈ ਦੇ ਲੰਮੀ ਨਦਰਿ ਨਿਹਾਲੀਐ ॥
ਜਿਉ ਸਾਹਿਬ ਨਾਲਿ ਨ ਹਾਰੀਐ ਤੇਵੇਹਾ ਪਾਸਾ ਢਾਲੀਐ ॥
ਕਿਛੁ ਲਾਹੇ ਉਪਰਿ ਘਾਲੀਐ ॥੨੧॥
ਸਲੋਕੁ ਮਹਲਾ ੨ ॥
ਚਾਕਰੁ ਲਗੈ ਚਾਕਰੀ ਨਾਲ ਗਾਰਬੁ ਵਾਦੁ ॥
ਗਲਾ ਕਰੇ ਘਣੇਰੀਆ ਖਸਮ ਨ ਪਾਏ ਸਾਦੁ ॥
ਆਪੁ ਗਵਾਇ ਸੇਵਾ ਕਰੇ ਤਾ ਕਿਛੁ ਪਾਏ ਮਾਨੁ ॥
ਨਾਨਕ ਜਿਸ ਨੋ ਲਗਾ ਤਿਸੁ ਮਿਲੈ ਲਗਾ ਸੋ ਪਰਵਾਨੁ ॥੧॥
ਮਹਲਾ ੨ ॥
ਜੋ ਜੀਇ ਹੋਇ ਸੁ ਉਗਵੈ ਮੁਹ ਕਾ ਕਹਿਆ ਵਾਉ ॥
ਬੀਜੇ ਬਿਖੁ ਮੰਗੈ ਅੰਮ੍ਰਿਤੁ ਵੇਖਹੁ ਏਹੁ ਨਿਆਉ ॥੨॥
ਮਹਲਾ ੨ ॥
ਨਾਲਿ ਇਆਣੇ ਦੋਸਤੀ ਕਦੇ ਨ ਆਵੈ ਰਾਸਿ ॥
ਜੇਹਾ ਜਾਣੈ ਤੇਹੋ ਵਰਤੈ ਵੇਖਹੁ ਕੋ ਨਿਰਜਾਸਿ ॥
ਵਸਤੂ ਅੰਦਰਿ ਵਸਤੁ ਸਮਾਵੈ ਦੂਜੀ ਹੋਵੈ ਪਾਸਿ ॥
ਸਾਹਿਬ ਸੇਤੀ ਹੁਕਮੁ ਨ ਚਲੈ ਕਹੀ ਬਣੈ ਅਰਦਾਸਿ ॥
ਕੂੜਿ ਕਮਾਣੈ ਕੂੜੋ ਹੋਵੈ ਨਾਨਕ ਸਿਫਤਿ ਵਿਗਾਸਿ ॥੩॥
ਮਹਲਾ ੨ ॥
ਨਾਲਿ ਇਆਣੇ ਦੋਸਤੀ ਵਡਾਰੂ ਸਿਉ ਨੇਹੁ ॥
ਪਾਣੀ ਅੰਦਰਿ ਲੀਕ ਜਿਉ ਤਿਸ ਦਾ ਥਾਉ ਨ ਥੇਹੁ ॥੪॥
ਮਹਲਾ ੨ ॥
ਹੋਇ ਇਆਣਾ ਕਰੇ ਕੰਮੁ ਆਣਿ ਨ ਸਕੈ ਰਾਸਿ ॥
ਜੋ ਇਕ ਅਧ ਚੰਗੀ ਕਰੇ ਦੂਜੀ ਭੀ ਵੇਰਾਸਿ ॥੫॥
ਪਉੜੀ ॥
ਚਾਕਰ ਲਗੈ ਚਾਕਰੀ ਜੇ ਚਲੈ ਖਸਮੈ ਭਾਇ ॥
ਗੁਰਮਤਿ ਤਿਸ ਨੇ ਅਗਲੀ ਓਹੁ ਵਜਹੁ ਭਿ ਦੂਣਾ ਖਾਇ ॥
ਖਸਮੈ ਕਰੇ ਬਰਾਬਰੀ ਫਿਰਿ ਗੈਰਤਿ ਅੰਦਰਿ ਪਾਇ ॥
ਵਜਹੁ ਗਵਾਏ ਅਗਲਾ ਮੁਹੇ ਮਹਿ ਪਾਣਾ ਖਾਇ ॥
ਜਿਸ ਦਾ ਦਿਤਾ ਖਾਵਣਾ ਤਿਸੁ ਕਹੀਐ ਸਾਬਾਸਿ ॥
ਨਾਨਕ ਹੁਕਮੁ ਨ ਚਲਈ ਨਾਲਿ ਖਸਮ ਚਲੈ ਅਰਦਾਸਿ ॥੨੨॥
ਸਲੋਕੁ ਮਹਲਾ ੨ ॥
ਏਹ ਕਿਨੇਹੀ ਦਾਤਿ ਆਪਸ ਤੇ ਜੋ ਪਾਈਐ ॥
ਨਾਨਕ ਸਾ ਕਰਮਾਤਿ ਸਾਹਿਬ ਤੁਠੈ ਜੋ ਮਿਲੈ ॥੧॥
ਮਹਲਾ ੨ ॥
ਏਹ ਕਿਨੇਹੀ ਚਾਕਰੀ ਜਿਤੁ ਭਉ ਖਸਮ ਨ ਜਾਇ ॥
ਨਾਨਕ ਸੇਵਕੁ ਕਾਢੀਐ ਜਿ ਸੋਤੀ ਖਸਮ ਸਮਾਇ ॥੨॥
ਪਉੜੀ ॥
ਨਾਨਕ ਅੰਤ ਨ ਜਾਪਨ੍ਹੀ ਹਰਿ ਤਾ ਕੇ ਪਾਰਾਵਾਰ ॥
ਆਪਿ ਕਰਾਏ ਸਾਖਤੀ ਫਿਰਿ ਆਪਿ ਕਰਾਏ ਮਾਰ ॥
ਇਕਨ੍ਹਾ ਗਲੀ ਜੰਜੀਰੀਆ ਇਕਿ ਤੁਰੀ ਚੜਹਿ ਬਿਸੀਆਰ ॥
ਆਪਿ ਕਰਾਏ ਕਰੇ ਆਪਿ ਹਉ ਕੈ ਸਿਉ ਕਰੀ ਪੁਕਾਰ ॥
ਨਾਨਕ ਕਰਣਾ ਜਿਨਿ ਕੀਆ ਫਿਰਿ ਤਿਸ ਹੀ ਕਰਣੀ ਸਾਰ ॥੨੩॥
ਸਲੋਕੁ ਮ : ੧ ॥
ਆਪੇ ਭਾਂਡੇ ਸਾਜਿਅਨੁ ਆਪੇ ਪੂਰਣੁ ਦੇਇ ॥
ਇਕਨ੍ਹੀ ਦੁਧੁ ਸਮਾਈਐ ਇਕਿ ਚੁਲ੍ਹੈ ਰਹਨ੍ਹਿ ਚੜੇ ॥
ਇਕਿ ਨਿਹਾਲੀ ਪੈ ਸਵਨ੍ਹਿ ਇਕਿ ਉਪਰਿ ਰਹਨਿ ਖੜੇ ॥
ਤਿਨ੍ਹਾ ਸਵਾਰੇ ਨਾਨਕਾ ਜਿਨ੍ਹ ਕਉ ਨਦਰਿ ਕਰੇ ॥੧॥
ਮਹਲਾ ੨ ॥
ਆਪੇ ਸਾਜੇ ਕਰ ਆਪਿ ਜਾਈ ਭਿ ਰਖੈ ਆਪਿ ॥
ਤਿਸੁ ਵਿਚਿ ਜੰਤ ਉਪਾਇ ਕੇ ਦੇਖੈ ਥਾਪਿ ਉਥਾਪਿ ॥
ਕਿਸ ਨੋ ਕਹੀਐ ਨਾਨਕਾ ਸਭੁ ਕਿਛੁ ਆਪੇ ਆਪਿ ॥੨॥
ਪਉੜੀ ॥
ਵਡੇ ਕੀਆ ਵਡਿਆਈਆ ਕਿਛੁ ਕਹਣਾ ਕਹਣੁ ਨ ਜਾਇ ॥
ਸੋ ਕਰਤਾ ਕਾਦਰ ਕਰੀਮ ਦੇ ਜੀਆ ਰਿਜਕੁ ਸੰਬਾਹਿ ॥
ਸਾਈ ਕਾਰ ਕਮਾਵਣੀ ਧੁਰਿ ਛੋਡੀ ਤਿਨੈ ਪਾਇ ॥
ਨਾਨਕ ਏਕੀ ਬਾਹਰੀ ਹੋਰ ਦੂਜੀ ਨਾਹੀ ਜਾਇ ॥
ਸੋ ਕਰੇ ਜਿ ਤਿਸੈ ਰਜਾਇ ॥੨੪॥੧॥ ਸੁਧੁ
Asa Di Var pdf
‘ਆਸਾ ਦੀ ਵਾਰ” ਸਿੱਖ ਧਰਮ ਦੇ ਪਵਿੱਤਰ ਗ੍ਰੰਥ ਗੁਰੂ ਗ੍ਰੰਥ ਸਾਹਿਬ ਵਿੱਚ ਸ਼ਾਮਲ ਇੱਕ ਰਚਨਾ ਹੈ। ਇਹ ਸਿੱਖ ਧਰਮ ਦੇ ਬਾਨੀ ਗੁਰੂ ਨਾਨਕ ਦੇਵ ਜੀ ਦੁਆਰਾ ਲਿਖੇ ਭਜਨਾਂ ਜਾਂ ਬਾਣੀਆਂ ਦਾ ਸੰਗ੍ਰਹਿ ਹੈ, ਅਤੇ ਬਾਅਦ ਵਿੱਚ ਗੁਰੂ ਅੰਗਦ ਦੇਵ ਜੀ ਅਤੇ ਗੁਰੂ ਅਰਜਨ ਦੇਵ ਜੀ ਦੁਆਰਾ ਜੋੜਿਆ ਗਿਆ ਹੈ।
“ਆਸਾ ਦੀ ਵਾਰ” ਵਿੱਚ ਅਧਿਆਤਮਿਕ ਸਿੱਖਿਆਵਾਂ, ਨੈਤਿਕ ਦਿਸ਼ਾ ਨਿਰਦੇਸ਼ ਅਤੇ ਪ੍ਰਮਾਤਮਾ ਦੀ ਪ੍ਰਕਿਰਤੀ, ਜੀਵਨ ਅਤੇ ਮਨੁੱਖੀ ਸਥਿਤੀ ਬਾਰੇ ਪ੍ਰਤੀਬਿੰਬ ਸ਼ਾਮਲ ਹਨ। ਇਹ ਇੱਕ ਸਚਿਆਰ ਅਤੇ ਧਰਮੀ ਜੀਵਨ ਜਿਊਣ ਦੀ ਮਹੱਤਤਾ, ਪ੍ਰਮਾਤਮਾ ਪ੍ਰਤੀ ਸ਼ਰਧਾ ਅਤੇ ਨਿਰਸਵਾਰਥ ਸੇਵਾ ਦੀ ਪ੍ਰਾਪਤੀ ‘ਤੇ ਜ਼ੋਰ ਦਿੰਦਾ ਹੈ। ਆਸਾ ਦੀ ਵਾਰ ਵਿਚਲੇ ਭਜਨਾਂ ਵਿਚ ਬਹੁਤ ਸਾਰੇ ਵਿਸ਼ਿਆਂ ਨੂੰ ਸ਼ਾਮਲ ਕੀਤਾ ਗਿਆ ਹੈ, ਜੋ ਕਿ ਇੱਕ ਸਾਰਥਕ ਅਤੇ ਉਦੇਸ਼ਪੂਰਣ ਜੀਵਨ ਜੀਉਣ ਬਾਰੇ ਮਾਰਗਦਰਸ਼ਨ ਪ੍ਰਦਾਨ ਕਰਦਾ ਹੈ।
‘ਆਸਾ ਦੀ ਵਾਰ’ ਵਿੱਚ ਦਰਸਾਏ ਗਏ ਮਾਰਗ ਵਿੱਚ ਸਿੱਖ ਧਰਮ ਦੁਆਰਾ ਨਿਰਧਾਰਤ ਅਧਿਆਤਮਿਕ ਯਾਤਰਾ ਅਤੇ ਜੀਵਨ ਢੰਗ ਸ਼ਾਮਲ ਹੈ। ਇਹ ਵਿਅਕਤੀਆਂ ਨੂੰ ਧਾਰਮਿਕਤਾ, ਨਿਮਰਤਾ ਅਤੇ ਰੱਬ ਪ੍ਰਤੀ ਸ਼ਰਧਾ ਦੇ ਮਾਰਗ ‘ਤੇ ਚੱਲਣ ਲਈ ਉਤਸ਼ਾਹਿਤ ਕਰਦਾ ਹੈ। ਆਸਾ ਦੀ ਵਾਰ ਦੀਆਂ ਸਿੱਖਿਆਵਾਂ ਦਾ ਉਦੇਸ਼ ਵਿਅਕਤੀਆਂ ਨੂੰ ਨੇਕੀ ਹਮਦਰਦੀ ਅਤੇ ਮਨੁੱਖਤਾ ਦੀ ਸੇਵਾ ਕਰਨ ਲਈ ਪ੍ਰੇਰਿਤ ਕਰਨਾ ਹੈ।